ਚੰਡੀਗੜ੍ਹ : ਜਾਅਲੀ ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ ‘ਚ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਵਿਰੁੱਧ ਸਰਕਾਰ ਦੀ ਤਿੱਖੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੜ੍ਹਾਈ ਜਾਂ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਅੰਤਰਰਾਸ਼ਟਰੀ ਪੱਧਰ ਦੇ ਸਲਾਹਕਾਰ ਜਾਂ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਅੱਜ ਇਥੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਏ.ਐਮ) ਦੀ ਗਵਰਨਿੰਗ ਕੌਂਸਿਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਵਿਭਿੰਨ ਰੋਜ਼ਗਾਰ ਉਤਪਤੀ ਸਕੀਮਾਂ ਨੂੰ ਲਾਗੂ ਕਰਨ ਲਈ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਭਾਵਸ਼ਾਲੀ ਤੇ ਅਸਰਦਾਇਕ ਰੂਪ-ਰੇਖਾ ਤਿਆਰ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਲਈ ਵਿਦੇਸ਼ਾਂ ਵਿੱਚ ਰੋਜ਼ਗਾਰ ਦੇ ਢੁੱਕਵੇ ਮੌਕੇ ਮੁਹੱਈਆ ਕਰਵਾਉਣ ਲਈ ਢੰਗ-ਤਰੀਕੇ ਲੱਭੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਵਿਸ਼ਵ ਪੱਧਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਧੀਆ ਪੜ੍ਹਾਈ ਦੀ ਸੰਭਾਵਨਾਵਾਂ ਦੇ ਨਾਲ-ਨਾਲ ਨੌਜਵਾਨਾਂ ਦੀ ਵਿਦਿਅਕ ਯੋਗਤਾ ਦੇ ਅਨੁਸਾਰ ਵਿਦੇਸ਼ਾਂ ਵਿੱਚ ਨੌਕਰੀਆਂ ਦੀ ਸ਼ਨਾਖਤ ਦਾ ਖਾਕਾ ਤਿਆਰ ਕਰਨ ਵਾਸਤੇ ਵੀ ਵਿਸ਼ਵ ਪੱਧਰ ਦੇ ਸਲਾਹਕਾਰ ਜਾਂ ਏਜੰਸੀ ਦੀਆਂ ਸੇਵਾਵਾਂ ਲੈਣ ਦਾ ਸੁਝਾਅ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਸਲਾਹਕਾਰ ਪੰਜਾਬੀ ਨੌਜਵਾਨਾਂ ਦੀ ਤਾਇਨਾਤੀ/ਨੌਕਰੀਆਂ ਦਿਵਾਉਣ ਦੇ ਲਈ ਵੀ ਸੁਵਿਧਾ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਪੜ੍ਹਾਈ ਵੀਜ਼ੇ ਲਈ ਵਿਦੇਸ਼ ਭੇਜੇਗਾ। ਉਨ੍ਹਾਂ ਨੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਆਈਲੇਟਜ ਦੀ ਕੋਚਿੰਗ ਪ੍ਰਾਪਤ ਕਰਨ ਲਈ ਕਸੌਟੀ ਸਥਾਪਤ ਕਰਨ ਅਤੇ 24 ਘੰਟੇ ਚਲਣ ਵਾਲੀ ਹੈਲਪਲਾਈਨ ਸ਼ੁਰੂ ਕਰਨ ਵਾਸਤੇ ਵਿਧੀ ਵਿਧਾਨ ਤਿਆਰ ਕਰਨ ਲਈ ਵਾਜ਼ਿਬ ਦਰ ਦੇ ਸਲਾਹਕਾਰ/ਏਜੰਸੀ ਦੀ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤਾ ਹੈ।
ਸੂਬੇ ਵਿੱਚ ਵਿਸ਼ਵ ਮੁਕਾਬਲੇਬਾਜੀ ਅਤੇ ਪ੍ਰਵਾਨਿਤ ਮਾਨਵੀ ਸ੍ਰੋਤਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬੇਰੁਜਗਾਰ ਨੌਜਵਾਨਾਂ ਦੇ ਲਈ ਵੇਜ਼ ਅਤੇ ਸਵੈ-ਰੋਜਗਾਰ ਸੁਵਿਧਾਵਾਂ ਲਈ ਲੋੜੀਂਦਾ ਢਾਂਚਾ ਪੈਦਾ ਕਰਨ ਦੇ ਨਾਲ-ਨਾਲ ਹੁਨਰ ਸਿਖਲਾਈ/ਹੁਨਰ ਦੇ ਪੱਧਰ ਨੂੰ ਉਚਿਆ ਕੇ ਰੋਜ਼ਗਾਰ ਪ੍ਰਾਪਤੀ ਮੌਕਿਆਂ ਵਿੱਚ ਸੁਧਾਰ ਲਿਆਉਣ ਵਾਸਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਰੋਜ਼ਗਾਰ ਉਤਪਤੀ ਲਈ ਸਮਰੱਥਾ ਰੱਖਦੇ ਖੇਤਰਾਂ ਦੀ ਸ਼ਨਾਖਤ ਕਰਨ ਅਤੇ ਸਰਕਾਰੀ ਦਖਲ ਦੇ ਨਾਲ ਇਨ੍ਹਾਂ ਮੌਕਿਆਂ ਦਾ ਫਾਇਦਾ ਉਠਾਉਣ ਲਈ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।